ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ ਐੱਸ ਪੀ ਸੀ ਐੱਲ) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ | ਇੱਥੇ ਟੈਗੋਰ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵੱਡੀ ਗਿਣਤੀ ਵਿਚ ਉਮੀਦਵਾਰਾਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀ ਚੁਣੇ ਗਏ ਉਮੀਦਵਾਰਾਂ ਲਈ ਬਹੁਤ ਅਹਿਮ ਜ਼ਿੰਮੇਵਾਰੀ ਲੈ ਕੇ ਆਉਂਦੀ ਹੈ, ਕਿਉਂਕਿ ਉਨ੍ਹਾਂ ਮਿਸ਼ਨਰੀ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਹੁੰਦੀ ਹੈ | ਉਹਨਾ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਇਨ੍ਹਾਂ ਸੈਕਟਰਾਂ ਵਿੱਚ ਠੋਸ ਬੁਨਿਆਦੀ ਢਾਂਚੇ ਅਤੇ ਮਨੁੱਖੀ ਸ਼ਕਤੀ ਰਾਹੀਂ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣਾ ਹੈ | ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ |





