ਵਿਧਾਇਕ ਤੇ ਅਧਿਕਾਰੀ ਪੀੜਤ ਕਿਸਾਨਾਂ ਕੋਲ ਪਹੁੰਚਣ : ਮਾਨ

0
284

ਚੰਡੀਗੜ੍ਹ : ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਫੀਲਡ ਦੇ ਦੌਰੇ ਵਧਾਉਣ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਕਿਹਾਵਿਧਾਇਕਾਂ ਨੂੰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ। ਇਸੇ ਤਰ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਸ਼ੇਸ਼ ਗਿਰਦਾਵਰੀ ਜਲਦੀ ਮੁਕੰਮਲ ਕੀਤੀ ਜਾਵੇ, ਤਾਂ ਜੋ ਅਸੀਂ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਅਦਾਇਗੀ ਕਰ ਸਕੀਏ।
ਲਗਾਤਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਫਸਲਾਂ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਔਖੀ ਘੜੀ ’ਚ ਅੰਨਦਾਤਾ ਦੇ ਨਾਲ ਖੜ੍ਹੀ ਹੈ। ਉਨ੍ਹਾ ਕਿਹਾ ਕਿ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਅਤੇ ਇਸ ਨੇਕ ਕਾਰਜ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖਰਾਬ ਮੌਸਮ ਕਾਰਨ ਹੋਏ ਭਾਰੀ ਨੁਕਸਾਨ ਕਾਰਨ ਕਿਸਾਨ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ। ਉਹ ਨਿੱਜੀ ਤੌਰ ’ਤੇ ਇਸ ਸਾਰੀ ਮੁਹਿੰਮ ਦੀ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਕਰ ਰਹੇ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਭਾਵਤ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਅਤੇ ਤੇਜ਼ੀ ਨਾਲ ਮੁਆਵਜ਼ਾ ਦਿੱਤਾ ਜਾਵੇ। ਮਾਨ ਨੇ ਕਿਹਾ ਕਿ ਕਿਉਂਕਿ ਉਹ ਇਕ ਸਾਂਝੇ ਪਰਵਾਰ ਨਾਲ ਸੰਬੰਧ ਰੱਖਦੇ ਹਨ, ਇਸ ਲਈ ਉਹ ਨਿੱਜੀ ਤੌਰ ’ਤੇ ਕਿਸਾਨਾਂ ਦੇ ਦੁੱਖ-ਦਰਦ ਤੋਂ ਜਾਣੂੰ ਹਨ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾ ਸਪੱਸ਼ਟ ਕਿਹਾ ਕਿ ਗਿਰਦਾਵਰੀ ਦੌਰਾਨ ਸਰਕਾਰੀ ਤੰਤਰ ਦੀ ਕਿਸੇ ਵੀ ਪੱਧਰ ’ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਗਿਰਦਾਵਰੀ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਬਾਰੇ ਜਨਤਕ ਮੁਨਾਦੀ ਕੀਤੀ ਜਾ ਰਹੀ ਹੈ, ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ।
ਮੁਸ਼ਕਲ ਦੀ ਇਸ ਘੜੀ ’ਚ ਕਿਸਾਨਾਂ ਦਾ ਸਾਥ ਦੇਣ ਲਈ ਪ੍ਰਤੀ ਏਕੜ ਮੁਆਵਜ਼ੇ ’ਚ 25 ਫੀਸਦੀ ਵਾਧਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here