ਸੇਵਾਵਾਂ ’ਚ ਦੇਰੀ ਤੇ ਬੇਲੋੜੇ ਦਸਤਾਵੇਜ਼ ਮੰਗਣ ’ਤੇ ਹੋਵੇਗੀ ਸਖ਼ਤ ਕਾਰਵਾਈ : ਅਰੋੜਾ

0
208

ਚੰਡੀਗੜ੍ਹ (ਗੁਰਜੀਤ ਬਿੱਲਾ)
ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਵਿੱਚ ਹੁੰਦੀ ਦੇਰੀ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰਵਾਉਣਾ ਯਕੀਨੀ ਬਣਾਉਣ।
ਇੱਥੇ ਮੈਗਸੀਪਾ ਵਿਖੇ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਦੇਰੀ ਕਰਨ ਦੇ ਆਦੀ, ਬੇਲੋੜੇ ਦਸਤਾਵੇਜ਼ਾਂ ਦੀ ਮੰਗ ਕਰਨ ਅਤੇ ਫਾਈਲਾਂ ’ਤੇ ਅਣਉਚਿਤ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਨਾਖ਼ਤ ਕਰਨ ਲਈ ਵੀ ਕਿਹਾ। ਉਨ੍ਹਾ ਆਮ ਲੋਕਾਂ ਲਈ ਸੇਵਾਵਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ।
ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਆਫਲਾਈਨ ਸੇਵਾਵਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਆਨਲਾਈਨ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਨਲਾਈਨ ਸੇਵਾਵਾਂ ਸਿਸਟਮ ਵਿੱਚ ਪਾਰਦਰਸ਼ਤਾ ਲਿਆ ਕੇ ਆਮ ਆਦਮੀ ਨੂੰ ਸਮਰੱਥ ਬਣਾ ਰਹੀਆਂ ਹਨ ਅਤੇ ਇਸ ਨਾਲ ਸਮਾਜ ਦੇ ਕਮਜ਼ੋਰ ਵਰਗ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਸਮਾਂਬੱਧ ਤਰੀਕੇ ਨਾਲ ਲਾਭ ਲੈਂਦੇ ਹਨ।
ਉਹਨਾ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਸੇਵਾ ਕੇਂਦਰਾਂ ਵਿਖੇ ਲੋਕਾਂ ਲਈ ਪੀਣ ਵਾਲੇ ਸਾਫ ਪਾਣੀ, ਏਅਰ ਕੰਡੀਸ਼ਨਰ, ਪੱਖੇ, ਕੁਰਸੀਆਂ ਆਦਿ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦੀ ਮੰਗ ਭੇਜਣ ਤਾਂ ਜੋ ਉਨ੍ਹਾਂ ਨੂੰ ਬਣਦੇ ਫੰਡ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY

Please enter your comment!
Please enter your name here