ਜਲੰਧਰ (ਸੁਰਿੰਦਰ ਕੁਮਾਰ/ ਸ਼ੈਲੀ ਐਲਬਰਟ)-ਜਲੰਧਰ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਪ੍ਰਭਾਵਸ਼ਾਲੀ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ, ਸੰਸਦ ਮੈਂਬਰ ਰਾਘਵ ਚੱਢਾ ਅਤੇ ਜਲੰਧਰ ਤੋਂ ‘ਆਪ’ ਵਿਧਾਇਕਾਂ ਦੀ ਮੌਜੂਦਗੀ ’ਚ ‘ਆਪ’ ’ਚ ਸ਼ਾਮਲ ਹੋ ਗਏ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ‘ਆਪ’ ਪਰਵਾਰ ’ਚ ਸੁਸ਼ੀਲ ਕੁਮਾਰ ਰਿੰਕੂ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ ਅਤੇ ਬਾਅਦ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪਰਵਾਰ ਦਿਨੋ-ਦਿਨ ਵਧ-ਫੁੱਲ ਰਿਹਾ ਹੈ ਅਤੇ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾ ਕਿਹਾ ਕਿ ਜੋ ਲੋਕ ਦੇਸ਼ ਅਤੇ ਦੇਸ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ ‘ਆਪ’ ਪਰਵਾਰ ’ਚ ਹਮੇਸ਼ਾ ਸਵਾਗਤ ਹੈ। ਇੱਕ ਵੱਡੇ ਪਰਵਾਰ ਨਾਲ ਅਸੀਂ ਲੋਕਾਂ ਦੀ ਬਿਹਤਰ ਸੇਵਾ ਕਰ ਸਕਾਂਗੇ। ਅਰਵਿੰਦ ਕੇਜਰੀਵਾਲ ਕ੍ਰਾਂਤੀਕਾਰੀ ਮੁੱਖ ਮੰਤਰੀ ਹਨ ਅਤੇ ਸਾਡੇ ਦੇਸ਼ ਦੇ 130 ਕਰੋੜ ਲੋਕਾਂ ਲਈ ਉਮੀਦ ਦੀ ਕਿਰਨ ਹਨ।
ਜਲੰਧਰ ਦੇ ਵੋਟਰਾਂ ਨੂੰ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਮਾਨ ਨੇ ਕਿਹਾ ਕਿ ਪਹਿਲਾਂ ਮਾਲਵੇ ਨੂੰ ਇਹ ਮਾਣ ਹਾਸਲ ਹੋਇਆ ਸੀ, ਹੁਣ ਆਮ ਲੋਕਾਂ ਦੀ ਆਵਾਜ਼ ਨੂੰ ਪਾਰਲੀਮੈਂਟ ਤੱਕ ਪਹੁੰਚਾਉਣ ਦੀ ਵਾਰੀ ਦੋਆਬੇ ਦੀ ਹੈ। ਅਰਵਿੰਦ ਕੇਜਰੀਵਾਲ ਨੇ ਸੁਸ਼ੀਲ ਕੁਮਾਰ ਰਿੰਕੂ ਦਾ ਆਮ ਆਦਮੀ ਪਾਰਟੀ ’ਚ ਸਵਾਗਤ ਕੀਤਾ ਅਤੇ ਪੰਜਾਬ ਵਿੱਚ ਮਾਨ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾ ਕਿਹਾ ਕਿ ‘ਆਪ’ ਸਰਕਾਰ ਤੋਂ ਪਹਿਲਾਂ ਪੰਜਾਬ ’ਚ ਰਾਜੇ-ਮਹਾਰਾਜਿਆਂ ਦੀਆਂ ਸਰਕਾਰਾਂ ਸਨ, ਪਰ ਹੁਣ ਪੰਜਾਬ ’ਚ ਆਮ ਲੋਕਾਂ ਦੇ ਦਰਦ ਨੂੰ ਸਮਝਣ ਵਾਲੀ ਸਰਕਾਰ ਹੈ। ‘ਆਪ’ ਸਰਕਾਰ ਪੰਜਾਬ ਦੇ ਵਿਦਿਆਰਥੀਆਂ, ਕਿਸਾਨਾਂ ਅਤੇ ਨੌਜਵਾਨਾਂ ਦੀ ਸਰਕਾਰ ਹੈ।
ਕੇਜਰੀਵਾਲ ਨੇ ਕਿਹਾ ਕਿ ਅਸੀਂ ਅੱਜ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ‘ਸੀ ਐੱਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਵਿਕਾਸ ਦੀ ਲੀਹ ’ਤੇ ਹੈ ਅਤੇ ਮਾਨ ਸਰਕਾਰ ਹਰ ਰੋਜ਼ ਪੰਜਾਬ-ਪੱਖੀ ਅਤੇ ਲੋਕ-ਪੱਖੀ ਕਦਮ ਚੁੱਕ ਰਹੀ ਹੈ। ਉਹਨਾ ਕਿਹਾ ਕਿ ਵਿਰੋਧੀ ਧਿਰ ਦੀ ਏਕਤਾ ਮਹੱਤਵਪੂਰਨ ਨਹੀਂ, ਲੋਕਤੰਤਰ ਵਿੱਚ ਜਨਤਾ ਦੀ ਏਕਤਾ ਸਭ ਤੋਂ ਅਹਿਮ ਹੈ।
ਰਿੰਕੂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੈਂਬਰ ਪਾਰਲੀਮੈਂਟ ਰਾਘਵ ਚੱਢਾ ਨੇ ਕਿਹਾ ਕਿ ਸੁਸੀਲ ਕੁਮਾਰ ਰਿੰਕੂ ਦੀ ਮੌਜੂਦਗੀ ਪਾਰਟੀ ਨੂੰ ਜਲੰਧਰ ਹੀ ਨਹੀਂ, ਸਗੋਂ ਪੂਰੇ ਦੁਆਬਾ ਖੇਤਰ ਵਿੱਚ ਮਜ਼ਬੂਤ ਕਰੇਗੀ। ਰਿੰਕੂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਪੰਜਾਬ ਵਾਸੀਆਂ ਪ੍ਰਤੀ ਸਮਰਪਣ ਭਾਵਨਾ ਤੋਂ ਪ੍ਰਭਾਵਤ ਹਨ ਅਤੇ ਇਹੀ ਕਾਰਨ ਹੈ ਕਿ ਉਹ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਉਨ੍ਹਾ ਕਿਹਾ ਕਿ ਦਿੱਲੀ ਅਤੇ ਪੰਜਾਬ ਦੀਆਂ ‘ਆਪ’ ਸਰਕਾਰਾਂ ਨੇ ਹਰ ਖੇਤਰ ਵਿੱਚ ਖਾਸ ਕਰਕੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਵਿੱਚ ਸ਼ਲਾਘਾਯੋਗ ਕੰਮ ਕੀਤੇ ਹਨ। ਉਨ੍ਹਾ ਕਿਹਾਮੇਰਾ ਟੀਚਾ ਜਲੰਧਰ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਮੈਂ ਚਾਹੁੰਦਾ ਹਾਂ ਕਿ ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਪੰਜਾਬ ਦੇ ਹਰ ਘਰ ਤੱਕ ਪਹੁੰਚਦੀਆਂ ਹੋਣ।





