ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭਿ੍ਰਸ਼ਟਾਚਾਰ ਮੁਹਿੰਮ ਤਹਿਤ ਚੰਡੀਗੜ੍ਹ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂਅ ’ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗਿ੍ਰਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਤੌਰ ’ਤੇ ਪ੍ਰੈਕਟਿਸ ਕਰ ਰਹੇ ਉਕਤ ਸੀ.ਏ. ਵਿਰੁੱਧ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਸਿੱਧੂ ਵਾਸੀ ਪਿੰਡ ਮਲਸੀਆਂ, ਜ਼ਿਲ੍ਹਾ ਲੁਧਿਆਣਾ ਨੇ ਦੋਸ਼ ਲਾਇਆ ਹੈ ਕਿ ਉਕਤ ਸੀ.ਏ. ਨੇ ਅਮਰੀਕਾ ਵਿੱਚ ਰਹਿੰਦੇ ਉਸ ਦੇ ਰਿਸ਼ਤੇਦਾਰ ਨੂੰ ਆਮਦਨ ਕਰ ਰਿਟਰਨ ਦੇ ਸੰਬੰਧ ਵਿੱਚ ਜਾਰੀ ਕੀਤੇ ਇੱਕ ਨੋਟਿਸ ਨੂੰ ਰਫ਼ਾ-ਦਫ਼ਾ ਕਰਨ ਦੇ ਇਵਜ਼ ’ਚ ਆਮਦਨ ਕਰ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਵਜੋਂ ਦੋ ਕਿਸ਼ਤਾਂ ਵਿੱਚ 26 ਲੱਖ ਰੁਪਏ ਵਸੂਲੇ ਸਨ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸ ਨੇ 15 ਜਨਵਰੀ ਨੂੰ 25 ਲੱਖ ਰੁਪਏ ਨਕਦ ਸੀ.ਏ. ਨੂੰ ਉਸ ਦੀ ਰਿਹਾਇਸ਼ ’ਤੇ ਸੌਂਪੇ ਸਨ ਅਤੇ ਵੀਡੀਓ ਵੀ ਬਣਾਈ ਸੀ। ਇਸ ਤੋਂ ਬਾਅਦ ਸੀ.ਏ. ਅੰਕੁਸ਼ ਸਰੀਨ ਨੇ 26 ਜਨਵਰੀ ਨੂੰ ਸ਼ਿਕਾਇਤਕਰਤਾ ਤੋਂ ਆਮਦਨ ਕਰ ਵਿਭਾਗ ਦੇ ਜੂਨੀਅਰ ਅਧਿਕਾਰੀਆਂ ਲਈ 1 ਲੱਖ ਰੁਪਏ ਹੋਰ ਲੈ ਲਏ ਸਨ।
ਬੁਲਾਰੇ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਤੋਂ ਪੁੱਛਗਿੱਛ ਦੌਰਾਨ ਸ਼ਿਕਾਇਤਕਰਤਾ ਨੂੰ ਪਤਾ ਲੱਗਾ ਕਿ ਵਿਭਾਗ ਵੱਲੋਂ ਇਹ ਨੋਟਿਸ ਹਾਲੇ ਵੀ ਬਰਕਰਾਰ ਹੈ ਅਤੇ ਰੱਦ ਨਹੀਂ ਕੀਤਾ ਗਿਆ। ਇਸ ਤਰ੍ਹਾਂ ਸ਼ਿਕਾਇਤਕਰਤਾ ਨੂੰ ਇਹ ਪਤਾ ਲੱਗ ਗਿਆ ਕਿ ਉਕਤ ਸੀ.ਏ. ਨੇ ਆਦਮਨ ਕਰ ਅਧਿਕਾਰੀਆਂ ਦੇ ਨਾਂਅ ’ਤੇ ਭਾਰੀ ਜੁਰਮਾਨਾ ਲੱਗਣ ਦਾ ਡਰਾਵਾ ਦੇ ਕੇ ਇਹ ਰਿਸ਼ਵਤ ਵਸੂਲੀ ਹੈ, ਜੋ ਉਸ ਨੇ ਕਿਸੇ ਨੂੰ ਵੀ ਅੱਗੇ ਨਹੀਂ ਦਿੱਤੀ। ਫਿਰ ਸ਼ਿਕਾਇਤਕਰਤਾ ਨੇ ਉਕਤ ਸੀ.ਏ. ਨੂੰ ਉਸ ਦੇ ਪੈਸੇ ਵਾਪਸ ਕਰਨ ਲਈ ਕਿਹਾ, ਕਿਉਂਕਿ ਉਸ ਦਾ ਕੰਮ ਨਹੀਂ ਸੀ ਹੋਇਆ, ਪਰ ਸੀ.ਏ. ਨੇ ਇਹ ਪੈਸੇ ਵਾਪਸ ਨਹੀਂ ਕੀਤੇ।
ਬੁਲਾਰੇ ਨੇ ਅੱਗੇ ਕਿਹਾ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਭਾਰੀ ਜੁਰਮਾਨੇ ਦਾ ਡਰਾਵਾ ਦੇ ਕੇ ਰਿਸ਼ਵਤ ਦੀ ਰਕਮ ਵਸੂਲਣ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਸੀ.ਏ. ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।



