12.6 C
Jalandhar
Friday, December 27, 2024
spot_img

ਛੇਤੀ ਸ਼ੁਰੂ ਹੋਣਗੇ ਆਹਲਾ ਦਰਜੇ ਦੇ 10 ਯੂ ਪੀ ਐੱਸ ਸੀ ਕੋਚਿੰਗ ਸੈਂਟਰ

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰੱਥਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ | ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮਾਜਕ-ਆਰਥਕ ਵਿਕਾਸ ‘ਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ ਜਲਦੀ ਹੀ ਕਈ ਸਕੀਮਾਂ ਸ਼ੁਰੂ ਕਰੇਗੀ | ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਲਈ ਜਲਦੀ ਹੀ ਸਕੀਮ ਸ਼ੁਰੂ ਕਰੇਗੀ | ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ‘ਚ ਮਦਦ ਮਿਲੇਗੀ | ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਹ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਮਹੀਨੇ ਵਿੱਚ ਦੋ ਵਾਰ ‘ਨੌਜਵਾਨ ਸਭਾ’ ਕਰਨਗੇ | ਉਨ੍ਹਾ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮਕਸਦ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ ਅਤੇ ਉਨ੍ਹਾਂ ਦੀ ਫੀਡਬੈਕ ਅਤੇ ਸੁਝਾਅ ਪ੍ਰਾਪਤ ਕਰਨਾ ਹੈ ਤਾਂ ਜੋ ਸਰਕਾਰ ਉਨ੍ਹਾਂ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਢੁਕਵੀਆਂ ਨੀਤੀਆਂ ਤਿਆਰ ਕਰ ਸਕੇ | ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਨੂੰ ਹੁਲਾਰਾ ਦੇਣ ਲਈ ਹਰ 15 ਦਿਨਾਂ ਬਾਅਦ ਨੌਜਵਾਨਾਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਸੁਝਾਅ ਲਏ ਜਾਣਗੇ | ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹੇਗੀ | ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ ਪੀ ਐਸ ਸੀ ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ ‘ਤੇ ਪੁੱਜਣ ਲਈ ਮਿਆਰੀ ਸਿਖਲਾਈ ਦੇਣਗੇ | ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਉੱਚ ਅਹੁਦਿਆਂ ‘ਤੇ ਬੈਠਣ, ਨਾ ਕਿ ਕਿਸੇ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਹੋ ਕੇ ਜੇਲ੍ਹਾਂ ਵਿੱਚ ਪੁੱਜਣ |

Related Articles

LEAVE A REPLY

Please enter your comment!
Please enter your name here

Latest Articles