ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)
ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਐਤਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1052 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਰਵਾਨਗੀ ਮੌਕੇ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੇਈਂਪੂਈਂ, ਜਸਵੰਤ ਸਿੰਘ ਪੁੜੈਣ, ਬੀਬੀ ਜੋਗਿੰਦਰ ਕੌਰ, ਸਾਬਕਾ ਸਕੱਤਰ ਕੁਲਵੰਤ ਸਿੰਘ, ਜਨਰਲ ਪ੍ਰਬੰਧਕ ਵਜੋਂ ਵਧੀਕ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੱੁਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।
ਜਥੇ ਦੇ ਆਗੂ ਅਮਰਜੀਤ ਸਿੰਘ ਭਲਾਈਪੁਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਕੌਮ ਦੇ ਅਨੇਕਾਂ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਸਿੱਖ ਸੰਗਤਾਂ ਦੇ ਮਨਾਂ ਅੰਦਰ ਤਾਂਘ ਹੁੰਦੀ ਹੈ, ਇਸ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖੱੁਲ੍ਹਦਿਲੀ ਨਾਲ ਵੀਜ਼ੇ ਦੇਣੇ ਚਾਹੀਦੇ ਹਨ। ਉਨ੍ਹਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ।
ਜਥਾ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਦਾਖਲ ਹੋਇਆ। ਜਥੇ ਦਾ ਵਾਹਗਾ ਪਹੁੰਚਣ ’ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਸਤਵੰਤ ਸਿੰਘ ਤੇ ਮੈਂਬਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਜਥੇ ਦਾ ਨਿੱਘਾ ਸਵਾਗਤ ਕੀਤਾ ਗਿਆ । ਵਾਹਗਾ ਤੋਂ ਭਾਰਤੀ ਜਥਾ ਇਮੀਗ੍ਰੇਸ਼ਨ ਅਤੇ ਕਸਟਮ ਦੀ ਕਾਰਵਾਈ ਉਪਰੰਤ ਲਗਭਗ 60 ਏ ਸੀ ਬੱਸਾਂ ਰਾਹੀਂ ਭਾਰੀ ਸੁਰੱਖਿਆ ਹੇਠ ਨਨਕਾਣਾ ਸਾਹਿਬ ਪਹੁੰਚਿਆ, ਜਿਥੇ ਪੂਰੀ ਚੈਕਿੰਗ ਕਰਨ ਉਪਰੰਤ ਜਥੇ ਦੇ ਮੈਂਬਰਾਂ ਨੂੰ ਵੱਖ-ਵੱਖ ਸਰਾਵਾਂ ਵਿੱਚ ਭੇਜਿਆ ਗਿਆ। ਜਥਾ ਪਾਕਿਸਤਾਨ ਵਿੱਚ 10 ਦਿਨ ਰਹੇਗਾ ਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਵਤਨ ਪਰਤੇਗਾ।