ਨਵੀਂ ਦਿੱਲੀ : ਐਸੋਸੀਏਸ਼ਨ ਆਫ ਡੈਮੋਕਰੇਟਿਕ ਰਿਫਾਰਮਜ਼ (ਏ ਡੀ ਆਰ) ਵੱਲੋਂ ਚੋਣ ਹਲਫਨਾਮਿਆਂ ਦੇ ਕੀਤੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਹਨ | ਇਨ੍ਹਾਂ ਵਿੱਚੋਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈਡੀ ਕੋਲ ਸਭ ਤੋਂ ਵੱਧ 510 ਕਰੋੜ ਰੁਪਏ ਦੀ ਜਾਇਦਾਦ ਹੈ | ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੋਲ ਸਭ ਤੋਂ ਘੱਟ 15 ਲੱਖ ਰੁਪਏ ਦੀ ਜਾਇਦਾਦ ਹੈ, ਜਦਕਿ ਕੇਰਲਾ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਕੋਲ 1 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ |
ਰਿਪੋਰਟ ਅਨੁਸਾਰ ਇਨ੍ਹਾਂ ਵਿੱਚੋਂ 13 ਨੇ ਹਲਫਨਾਮੇ ‘ਚ ਗੰਭੀਰ ਅਪਰਾਧਿਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਦਿੱਤੀ ਹੈ, ਜਿਨ੍ਹਾਂ ‘ਚ ਕਤਲ, ਕਤਲ ਦੀ ਕੋਸ਼ਿਸ਼, ਅਗਵਾ ਦੇ ਮਾਮਲੇ ਸ਼ਾਮਲ ਹਨ | ਮੁੱਖ ਮੰਤਰੀਆਂ ‘ਚ ਆਂਧਰਾ ਦੇ ਮੁੱਖ ਮੰਤਰੀ ਕੋਲ 510 ਕਰੋੜ ਰੁਪਏ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਕੋਲ 163 ਕਰੋੜ ਰੁਪਏ ਅਤੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਕੋਲ 63 ਕਰੋੜ ਰੁਪਏ ਦੀ ਜਾਇਦਾਦ ਹੈ | ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ 3 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ |



