ਕੇਂਦਰ ਨੇ ਕਣਕ ਤੇ ਝੋਨਾ ਮੰਗਿਆ ਤਾਂ ਕੱਟ ਦਾ ਇੱਕ-ਇੱਕ ਪੈਸਾ ਵਿਆਜ ਸਮੇਤ ਲਵਾਂਗੇ : ਮਾਨ

0
259

ਅਬੋਹਰ (ਫਾਜ਼ਿਲਕਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਇੱਥੇ ਕਿਸਾਨਾਂ ਨੂੰ ਖੁਦ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ। ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਅਮਲ ਸ਼ੁਰੂ ਕਰ ਦਿੱਤਾ।
ਮੁਆਵਜ਼ਾ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਫਾਜ਼ਿਲਕਾ ਜ਼ਿਲ੍ਹੇ ਦੇ 362 ਪਿੰਡਾਂ ਨੂੰ ਮੁਆਵਜ਼ੇ ਵਜੋਂ ਕੁੱਲ 12.94 ਕਰੋੜ ਰੁਪਏ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ। ਅੱਜ ਦੇ ਦਿਨ ਨੂੰ ਖੁਸ਼ੀ ਵਾਲਾ ਦਿਨ ਨਹੀਂ ਆਖਿਆ ਜਾ ਸਕਦਾ, ਕਿਉਂਕਿ ਮੈਂ ਕੁਦਰਤ ਦੇ ਕਹਿਰ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਇੱਥੇ ਆਇਆ ਹਾਂ। ਸੰਕਟ ਦੀ ਇਸ ਘੜੀ ਵਿੱਚ ਪ੍ਰਭਾਵਤ ਹੋਏ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਹਾਡੀ ਸਰਕਾਰ ਦਿ੍ਰੜ੍ਹ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਰਾਬੇ ਦੇ 20 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਕਿਉਂਕਿ ਇਸ ਤੋਂ ਪਹਿਲਾਂ ਦੀ ਕਿਸੇ ਵੀ ਸਰਕਾਰ ਨੇ ਇਸ ਬਾਰੇ ਭੋਰਾ ਚਿੰਤਾ ਨਹੀਂ ਕੀਤੀ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਪਿਛਲੀਆਂ ਸਰਕਾਰਾਂ ਦੌਰਾਨ ਮੁਆਵਜ਼ੇ ਵਿੱਚ ਏਨੀ ਦੇਰੀ ਹੋਈ ਸੀ ਕਿ ਜ਼ਿਆਦਾਤਰ ਮੰਤਰੀ ਅਤੇ ਵਿਧਾਇਕ ਇਹ ਭੁੱਲ ਹੀ ਜਾਂਦੇ ਸਨ ਕਿ ਉਹ ਕਿਹੜੀ ਫਸਲ ਦੇ ਮੁਆਵਜ਼ੇ ਦੇ ਚੈੱਕ ਵੰਡ ਰਹੇ ਹਨ। ਹੁਣ ਤੁਹਾਡੀ ਸਰਕਾਰ ਵਿਚ ਫਸਲ ਅਜੇ ਖੇਤਾਂ ਵਿੱਚ ਹੈ, ਪਰ ਪੈਸਾ ਖਾਤਿਆਂ ਵਿਚ ਪਾ ਦਿੱਤਾ ਹੈ। ਉਹਨਾ ਕਿਹਾ ਕਿ ਮੀਂਹ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਲਈ ਕੇਂਦਰ ਨੂੰ ਮੁਆਵਜ਼ਾ ਦੇਣ ਵਾਸਤੇ ਮਿੰਨਤਾਂ ਕਰਨ ਦੀ ਬਜਾਏ ਕਣਕ ਦੇ ਟੁੱਟੇ ਤੇ ਸੁੰਗੜੇ ਦਾਣਿਆਂ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਜਾ ਰਹੀ ਕਟੌਤੀ ਕਾਰਨ ਕਿਸਾਨਾਂ ’ਤੇ ਪਏ ਆਰਥਕ ਬੋਝ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। ਉਹਨਾ ਸਪੱਸ਼ਟ ਤੌਰ ’ਤੇ ਕਿਹਾ ਕਿ ਪੰਜਾਬੀ ਕਿਸਾਨਾਂ ਤੋਂ ਬਿਨਾਂ ਕੌਮੀ ਅਨਾਜ ਭੰਡਾਰ ਭਰਨਾ ਸੰਭਵ ਨਹੀਂ। ਐੱਫ ਸੀ ਆਈ ਸੂਬੇ ਦੇ ਮਿਹਨਤਕਸ਼ ਕਿਸਾਨਾਂ ਤੋਂ ਬਿਨਾਂ ਆਪਣੀ ਹੋਂਦ ਕਾਇਮ ਨਹੀਂ ਰੱਖ ਸਕਦੀ। ਉਹਨਾ ਪ੍ਰਣ ਕਰਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਅਨਾਜ ਭੰਡਾਰ ਲਈ ਕਣਕ ਅਤੇ ਝੋਨੇ ਦੇ ਰੂਪ ਵਿੱਚ ਸਾਥੋਂ ਅਨਾਜ ਦੀ ਸਪਲਾਈ ਦੀ ਮੰਗ ਕਰੇਗੀ ਤਾਂ ਕਿਸਾਨਾਂ ’ਤੇ ਲਗਾਏ ਗਏ ਕੱਟ ਦਾ ਇੱਕ-ਇੱਕ ਪੈਸਾ ਕੇਂਦਰ ਤੋਂ ਵਿਆਜ ਸਣੇ ਲਿਆ ਜਾਵੇਗਾ। ਕੇਂਦਰ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਪ੍ਰਤੀ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਵਿਅਕਤੀ ਖੁਦ ਦੁਪਹਿਰ 12 ਵਜੇ ਜਾਗਦਾ ਹੈ, ਉਹ ਕਦੇ ਵੀ ਦਫਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਬਦਲਣ ਦੇ ਫਾਇਦੇ ਦੀ ਉਮੀਦ ਨਹੀਂ ਲਾ ਸਕਦਾ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here