ਕਾਨੂੰਨ ਦੇ ਰਾਜ ਨਾਲ ਖਿਲਵਾੜ ਲੋਕਤੰਤਰ ਲਈ ਖਤਰਨਾਕ : ਕਾਂਗਰਸ

0
299

ਨਵੀਂ ਦਿੱਲੀ : ਕਾਂਗਰਸ ਨੇ ਐਤਵਾਰ ਕਿਹਾ ਕਿ ਅਪਰਾਧੀਆਂ ਨੂੰ ਦੇਸ਼ ਦੇ ਕਾਨੂੰਨ ਦੇ ਤਹਿਤ ਸਖਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਨਿਆਂਇਕ ਪ੍ਰਕਿਰਿਆ ਨਾਲ ਖਿਲਵਾੜ ਕਰਨ ਵਾਲਿਆਂ ਅਤੇ ਉਨ੍ਹਾਂ ਨੂੰ ਸੁਰੱਖਿਆ ਦੇਣ ਵਾਲਿਆਂ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਕਾਂਗਰਸ ਨੇ ਇਹ ਟਿੱਪਣੀ ਯੂ ਪੀ ਦੇ ਪ੍ਰਯਾਗਰਾਜ ’ਚ ਮਾਫੀਆ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਇਕ ਦਿਨ ਬਾਅਦ ਕੀਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਦੇਸ਼ ਦਾ ਕਾਨੂੰਨ ਸੰਵਿਧਾਨ ’ਚ ਲਿਖਿਆ ਹੋਇਆ ਹੈ ਅਤੇ ਇਹ ਕਾਨੂੰਨ ਸਰਵਉੱਚ ਹੈ। ਉਨ੍ਹਾ ਕਿਹਾਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ, ਪਰ ਅਜਿਹਾ ਦੇਸ਼ ਦੇ ਕਾਨੂੰਨ ਅਨੁਸਾਰ ਹੋਣਾ ਚਾਹੀਦਾ ਹੈ। ਕਿਸੇ ਵੀ ਰਾਜਨੀਤਕ ਉਦੇਸ਼ ਲਈ ਕਾਨੂੰਨ ਦੇ ਰਾਜ ਅਤੇ ਨਿਆਂਇਕ ਪ੍ਰਕਿਰਿਆ ਨਾਲ ਖੇਡਣਾ ਜਾਂ ਉਲੰਘਣਾ ਕਰਨਾ ਸਾਡੇ ਲੋਕਤੰਤਰ ਲਈ ਖਤਰਨਾਕ ਹੈ। ਜੋ ਕੋਈ ਅਜਿਹਾ ਕਰਦਾ ਹੈ ਜਾਂ ਅਜਿਹਾ ਕਰਨ ਵਾਲਿਆਂ ਨੂੰ ਸੁਰੱਖਿਆ ਦਿੰਦਾ ਹੈ, ਉਸ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਨਿਆਂ ਪ੍ਰਣਾਲੀ ਅਤੇ ਕਾਨੂੰਨ ਦੇ ਸ਼ਾਸਨ ਦਾ ਹਰ ਸਮੇਂ ਸਨਮਾਨ ਕਰਨਾ ਯਕੀਨੀ ਬਣਾਉਣ ਲਈ ਸਮੂਹਿਕ ਯਤਨ ਕੀਤੇ ਜਾਣੇ ਚਾਹੀਦੇ ਹਨ।
ਇਸ ਤੋਂ ਪਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਅਤੇ ਪਾਰਟੀ ਦੇ ਯੂ ਪੀ ਮਾਮਲਿਆਂ ਦੀ ਇੰਚਾਰਜ ਪਿ੍ਰਅੰਕਾ ਗਾਂਧੀ ਵਾਡਰਾ ਨੇ ਟਵਿੱਟਰ ’ਤੇ ਇਸ ਮਾਮਲੇ ’ਤੇ ਕਾਂਗਰਸ ਦਾ ਇਹੀ ਨਜ਼ਰੀਆ ਸਾਂਝਾ ਕੀਤਾ ਸੀ।

LEAVE A REPLY

Please enter your comment!
Please enter your name here