ਚੰਡੀਗੜ੍ਹ : 18 ਅਤੇ 19 ਅਪ੍ਰੈਲ ਨੂੰ ਪੂਰੇ ਪੰਜਾਬ ’ਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਅਤੇ ਹਰਿਆਣਾ ਵਿਚ ਇਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 18 ਤੋਂ 20 ਅਪਰੈਲ ਤੱਕ ਤਿੰਨ ਦਿਨਾਂ ਤੱਕ ਕਈ ਥਾਵਾਂ ਉਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿਚ ਗਿਰਾਵਟ ਆਵੇਗੀ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਮੌਸਮ ਕਰਵਟ ਬਦਲ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਮੌਸਮ ਵਿਚ ਇੱਕ ਵਾਰ ਫਿਰ ਬਦਲਾਅ ਆਉਣ ਵਾਲਾ ਹੈ। 18 ਅਤੇ 19 ਅਪ੍ਰੈਲ ਨੂੰ ਪੂਰੇ ਪੰਜਾਬ ’ਚ ਮੀਂਹ ਦੀ ਸੰਭਾਵਨਾ ਹੈ। ਉਧਰ, ਭਾਰਤੀ ਮੌਸਮ ਵਿਭਾਗ ਨੇ 17 ਤੋਂ 20 ਅਪ੍ਰੈਲ ਤੱਕ ਦਿੱਲੀ-ਐਨ ਸੀ ਆਰ ਅਤੇ ਪੱਛਮੀ ਉੱਤਰ ਪ੍ਰਦੇਸ਼ ’ਚ ਕਈ ਥਾਵਾਂ ’ਤੇ ਗਰਜ-ਤੂਫਾਨ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਪੂਰਬੀ ਉੱਤਰ ਪ੍ਰਦੇਸ਼ ’ਚ ਮੌਸਮ ਆਮ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਉਸਨੇ 4 ਦਿਨਾਂ ਦੌਰਾਨ ਪੱਛਮੀ ਹਿਮਾਲੀਅਨ ਖੇਤਰਾਂ ਅਤੇ ਨਾਲ ਲੱਗਦੇ ਮੈਦਾਨੀ ਇਲਾਕਿਆਂ ’ਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। 18 ਨੂੰ ਜੰਮੂ-ਕਸ਼ਮੀਰ, ਲੱਦਾਖ ’ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਹਿਮਾਚਲ ’ਚ 18 ਅਤੇ 19 ਅਤੇ ਉੱਤਰਾਖੰਡ ’ਚ 19 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ। ਉੱਤਰਾਖੰਡ ’ਚ 18 ਤੋਂ 20 ਅਪ੍ਰੈਲ ਦੌਰਾਨ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮਹਾਰਾਸ਼ਟਰ ਦੇ ਕੁਝ ਹਿੱਸਿਆਂ ’ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।




