ਭਗਵੰਤ ਮਾਨ ਵੱਲੋਂ ਕਾਂਗਰਸ ਤੇ ਭਾਜਪਾ ’ਤੇ ਤਿੱਖੇ ਹਮਲੇ

0
217

ਚੰਡੀਗੜ੍ਹ (ਗੁਰਜੀਤ ਬਿੱਲਾ)-ਕਰਨਾਟਕ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਉੱਥੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਬਲੀ ਵਿਖੇ ਰੋਡ ਸ਼ੋਅ ਦੌਰਾਨ ਵਿਰੋਧੀਆਂ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਰਨਾਟਕ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨ੍ਹਾ ਲੋਕਾਂ ਨੂੰ ਆਪ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਦੀ ਹੈ ਅਤੇ ਦਿੱਲੀ ਅਤੇ ਪੰਜਾਬ ਇਸ ਦੀ ਪ੍ਰਤੱਖ ਉਦਾਹਰਨ ਹਨ। ਗਰਮਾਏ ਸਿਆਸੀ ਪਿੜ ਦੌਰਾਨ ਆਮ ਆਦਮੀ ਪਾਰਟੀ ਦੀ ਪ੍ਰਚਾਰ ਲਹਿਰ ਨੂੰ ਅਗਲੇ ਪੜਾਅ ਵਿੱਚ ਦਾਖਲ ਕਰਦਿਆਂ ਮਾਨ ਨੇ ਮੰਗਲਵਾਰ ਕਰਨਾਟਕ ਦੇ ਹੁਬਲੀ ਵਿਖੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਦੀ ਅਗਵਾਈ ਕੀਤੀ। ਮਾਨ ਨੇ ਕਿਹਾ ਕਿ ਕਾਂਗਰਸ ਹੁਣ ਚੇਂਜ ਦਾ ਨਹੀਂ ਬਲਕਿ ਐਕਸਚੇਂਜ ਦਾ ਪ੍ਰਤੀਕ ਹੈ, ਜਿਸ ਦਾ ਕੋਈ ਆਗੂ ਜੇਕਰ ਕੋਈ ਚੋਣ ਜਿੱਤਦਾ ਹੈ ਤਾਂ ਨਾਲ ਹੀ ਆਪਣਾ ਵਿਕਣ ਦਾ ਰੇਟ ਵੀ ਤੈਅ ਕਰ ਲੈਂਦਾ ਹੈ। ਉਨ੍ਹਾ ਕਿਹਾ ਕਿ ਕਾਂਗਰਸ ਨੂੰ ਹੁਣ ਆਪਣੇ ਦਫਤਰ ਦੇ ਬਾਹਰ ਇਹ ਲਿਖ ਕੇ ਲਾ ਲੈਣਾ ਚਾਹੀਦਾ ਹੈ ਕਿ ‘ਇੱਥੇ ਲੋਕਾਂ ਦੁਆਰਾ ਚੁਣੇ ਹੋਏ ਵਿਧਾਇਕ ਵੇਚੇ ਜਾਂਦੇ ਹਨ।’ ਮਾਨ ਨੇ ਭਾਜਪਾ ਅਤੇ ਨਰੇਂਦਰ ਮੋਦੀ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਮੋਦੀ ਲੋਕਾਂ ਨਾਲ ਉਨ੍ਹਾਂ ਦੇ ਖੁਸ਼ਹਾਲ ਭਵਿੱਖ ਲਈ ਕੋਈ ਸੱਚਾ ਵਾਅਦਾ ਕਰਨ ਦੀ ਬਜਾਏ ਹਰ ਵੇਲੇ ਉਨ੍ਹਾਂ ਨੂੰ ਸਿਰਫ ਜੁਮਲੇ ਸੁਣਾਉਂਦੇ ਹਨ। ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਦੇਸ਼ ਵਾਸੀਆਂ ਨੂੰ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ, ਪਰ ਜਦ ਸਰਕਾਰ ਬਣੀ ਤਾਂ ਇਹ ਪੈਸਾ ਤਾਂ ਲੋਕਾਂ ਨੂੰ ਕੀ ਮਿਲਣਾ ਸੀ, ਉਲਟਾ ਭਾਜਪਾ ਸਰਕਾਰ ਨੇ ਨੋਟਬੰਦੀ ਕਰ ਲੋਕਾਂ ਦੇ ਖਾਤਿਆਂ ਵਿੱਚ ਪਏ ਬਚੇ-ਖੁਚੇ ਪੈਸੇ ਵੀ ਉਨ੍ਹਾਂ ਤੋਂ ਖੋਹ ਲਏ। ਉਨ੍ਹਾ ਪੰਜਾਬ ਵਿੱਚ ‘ਆਪ’ ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ। 80 ਪ੍ਰਤੀਸ਼ਤ ਤੋਂ ਵੱਧ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਗਏ ਹਨ। ਭਿ੍ਰਸ਼ਟਾਚਾਰ ਨੂੰ ਨੱਥ ਪਈ ਹੈ। ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕਾਂ ਨੂੰ ਲੁੱਟਣ ਵਾਲੇ ਹੁਣ ਜੇਲ੍ਹ ਵਿੱਚ ਹਨ ਅਤੇ ਸਰਕਾਰ ਉਨ੍ਹਾਂ ਵੱਲੋਂ ਲੁੱਟੇ ਪੈਸੇ ਨੂੰ ਵਸੂਲ ਕਰ ਉਸ ਨਾਲ ਪੰਜਾਬ ਦਾ ਖਜ਼ਾਨਾ ਭਰ ਰਹੀ ਹੈ ਅਤੇ ਲੋਕ ਭਲਾਈ ਦੇ ਕੰਮ ਹੋ ਰਹੇ ਹਨ। ਉਹਨਾ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਾਰੀਫ ਕਰਦਿਆਂ ਕਿਹਾ ਕਿ ਉਨ੍ਹਾ ਵਰਗਾ ਨੇਤਾ ਦੇਸ਼ ਵਿੱਚ ਇੱਕੋ ਹੈ, ਜੋ ਦੇਸ਼ ਦੀ ਤਰੱਕੀ ਚਾਹੁੰਦਾ ਹੈ।

LEAVE A REPLY

Please enter your comment!
Please enter your name here