ਕਰਮਜੀਤ ਕੌਰ ਚੌਧਰੀ ਦੀ ਡਟਵੀਂ ਹਮਾਇਤ ਦਾ ਫੈਸਲਾ

0
371

ਜਲੰਧਰ (ਗਿਆਨ ਸੈਦਪੁਰੀ)
ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਸੰਦਰਭ ਵਿੱਚ ਸ਼ੁੱਕਰਵਾਰ ਕਾਂਗਰਸ ਪਾਰਟੀ ਦੀ ਸੂਬਾਈ ਲੀਡਰਸ਼ਿਪ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਲੀਡਰਸ਼ਿਪ ਦੀ ਜਲੰਧਰ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਮੌਜੂਦਾ ਸਿਆਸੀ ਪ੍ਰਸਥਿਤੀਆਂ ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਹੋਇਆ। ਕਾਂਗਰਸੀ ਆਗੂਆਂ ਦੀ ਗੱਲ ਸੁਣ ਕੇ ਸੀ ਪੀ ਆਈ ਦੀ ਲੀਡਰਸ਼ਿਪ ਨੇ ਫੈਸਲਾ ਕੀਤਾ ਕਿ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਸ੍ਰੀਮਤੀ ਕਰਮਜੀਤ ਕੌਰ ਚੌਧਰੀ ਦੀ ਡਟਵੀਂ ਮਦਦ ਕੀਤੀ ਜਾਵੇਗੀ।
ਕਮਿਊਨਿਸਟ ਆਗੂਆਂ ਨੇ ਕਿਹਾ ਕਿ ਮੌਜੂਦਾ ਦੌਰ ਵਿੱਚ ਦੇਸ਼ ਅੰਦਰ ਫਾਸ਼ੀਵਾਦ ਦਾ ਪਸਾਰਾ ਹੋ ਰਿਹਾ ਹੈ। ਦੇਸ਼ ਦੇ ਸੰਵਿਧਾਨ ਨੂੰ ਤਹਿਸ-ਨਹਿਸ ਕਰਨ ਵੱਲ ਵਧਿਆ ਜਾ ਰਿਹਾ ਹੈ। ਨਿਆਂ ਪਾਲਿਕਾ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਆਰ ਐੱਸ ਐੱਸ ਦੇ ਨਿਰਦੇਸ਼ਾਂ ’ਤੇ ਚੱਲਣ ਵਾਲੀ ਮੋਦੀ ਸਰਕਾਰ ਦੇ ਉਕਤ ਕਾਰਿਆਂ ਨੂੰ ਰੋਕਣ ਲਈ ਅੱਜ ਸਮੇਂ ਦੀ ਲੋੜ ਹੈ ਕਿ ਜਮਹੂਰੀ ਅਤੇ ਸੈਕੂਲਰ ਤਾਕਤਾਂ ਇੱਕ ਮੰਚ ’ਤੇ ਇਕੱਤਰ ਹੋਣ। 2024 ਦੀਆਂ ਲੋਕ ਸਭਾਈ ਚੋਣਾਂ ਵਿੱਚ ਫਿਰਕਾਪ੍ਰਸਤ ਤਾਕਤਾਂ ਨੂੰ ਹਰਾਉਣਾ ਬੇਹੱਦ ਜ਼ਰੂਰੀ ਹੈ। ਇਸੇ ਰੌਸ਼ਨੀ ਵਿੱਚ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਨੂੰ ਜਿਤਾਉਣਾ ਜ਼ਰੂਰੀ ਹੋ ਜਾਂਦਾ ਹੈ। ਇਸੇ ਲਈ ਸੀ ਪੀ ਆਈ ਨੇ ਫੈਸਲਾ ਕੀਤਾ ਕਿ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਜਾਵੇ। ਮੀਟਿੰਗ ਵਿੱਚ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਕਾਂਗਰਸ ਦੇ ਸੂਬਾ ਵਰਕਿੰਗ ਪ੍ਰਧਾਨ ਭਾਰਤ ਭੂਸ਼ਨ ਆਸ਼ੂ, ਸੀ ਪੀ ਆਈ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ, ਸੀ ਪੀ ਆਈ ਦੀ ਨੈਸ਼ਨਲ ਕੌਂਸਲ ਦੇ ਮੈਂਬਰ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਅਤੇ ਸੀ ਪੀ ਆਈ ਦੀ ਨੈਸ਼ਨਲ ਕੌਂਸਲ ਦੇ ਮੈਂਬਰ ਨਿਰਮਲ ਸਿੰਘ ਧਾਲੀਵਾਲ ਮੌਜੂਦ ਸਨ।

LEAVE A REPLY

Please enter your comment!
Please enter your name here