ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਜਾਰੀ

0
281

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਜਾਰੀ ਕੀਤਾ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਤਿਆਰ ਕੀਤੀ ਗਈ ਇਸ ਪੁਸਤਕ ਨੂੰ ਰਿਲੀਜ਼ ਕਰਦਿਆਂ ਮੁੱਖ ਮੰਤਰੀ ਨੇ ਇਸ ਕਿਤਾਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ ਦੱਸਦਿਆਂ ਭਰਵੀਂ ਸ਼ਲਾਘਾ ਕੀਤੀ। ਉਨ੍ਹਾ ਕਿਹਾ ਕਿ ਪੁਸਤਕ ‘ਪਹੁੰਚ’ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਤੇ ਉਪਰਾਲਿਆਂ ਤੋਂ ਜਾਣੂੰ ਕਰਵਾਉਣ ਵਿਚ ਕਾਫੀ ਸਹਾਈ ਸਿੱਧ ਹੋਵੇਗੀ। ਮਾਨ ਨੇ ਕਿਹਾ ਕਿ ਇਹ ਪੁਸਤਕ ਪੰਜਾਬ ਸਰਕਾਰ ਦੇ 44 ਵਿਭਾਗਾਂ ਦੀਆਂ 285 ਸਕੀਮਾਂ ’ਤੇ ਚਾਨਣਾ ਪਾਉਂਦੀ ਹੈ, ਜਿਨ੍ਹਾਂ ਦਾ ਆਮ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪੁਸਤਕ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਵਾਲੀਆਂ 400 ਸਕੀਮਾਂ ਬਾਰੇ ਵੀ ਜਾਣੂੰ ਕਰਵਾਉਂਦੀ ਹੈ। ਉਨ੍ਹਾ ਕਿਹਾ ਕਿ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕਿਤਾਬਾਂ ਮੁਫਤ ਵੰਡੀਆਂ ਜਾਣਗੀਆਂ। ਉਹਨਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕੀਤੀ।
ਉਹਨਾ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਵੀ ਅਜਿਹੀ ਵਿਲੱਖਣ ਪਹਿਲ ਕਰਨ ਦੀ ਅਪੀਲ ਕੀਤੀ। ਇਹ ਕਦਮ ਸੂਬਾ ਸਰਕਾਰ ਦੀਆਂ ਨਾਗਰਿਕ ਕੇਂਦਰਤ ਤੇ ਵਿਕਾਸ ਮੁਖੀ ਨੀਤੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਲੋਕਾਂ ਨੂੰ ਸਰਕਾਰ ਦੇ ਕੰਮਕਾਜ ਵਿੱਚ ਸਰਗਰਮ ਹਿੱਸੇਦਾਰ ਬਣਾਉਣ ਲਈ ਅਜਿਹੇ ਉਪਰਾਲੇ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂੰ ਪ੍ਰਸਾਦ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਸਮੇਤ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here