ਨਵੀਂ ਦਿੱਲੀ : ਦਿੱਲੀ ਪੁਲਸ ਨੇ ਬੁੱਧਵਾਰ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਸ਼ਰਨ ਵਿਰੁੱਧ 7 ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਸੰਬੰਧੀ ਐੱਫ ਆਈ ਆਰ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ ਹੈ। ਚੀਫ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਪੀ ਐੱਸ ਨਰਸਿਮਹਾ ਦੀ ਬੈਂਚ ਕੋਲ ਦਿੱਲੀ ਪੁਲਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇ ਸਿਖਰਲੀ ਅਦਾਲਤ ਨੂੰ ਲੱਗਦਾ ਹੈ ਕਿ ਤੁਰੰਤ ਐੱਫ ਆਈ ਆਰ ਦਰਜ ਕੀਤੀ ਜਾਣੀ ਹੈ ਤਾਂ ਅਜਿਹਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ 28 ਅਪਰੈਲ ਨੂੰ ਪਹਿਲਵਾਨਾਂ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਦਿੱਲੀ ਪੁਲਸ ਆਪਣਾ ਪੱਖ ਰੱਖ ਸਕਦੀ ਹੈ।