ਕੇਂਦਰ ਨਕਸਲਵਾਦ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜੇ : ਮਾਨ

0
309

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਛੱਤੀਸਗੜ੍ਹ ਦੇ ਦੰਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ ਜਿਸ ’ਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 10 ਜਵਾਨਾਂ ਸਣੇ 11 ਸ਼ਹੀਦ ਹੋ ਗਏ। ਮੁੱਖ ਮੰਤਰੀ ਨੇ ਇਸ ਹਮਲੇ ਨੂੰ ਲੋਕਾਂ ਦੇ ਮਨਾਂ ’ਚ ਦਹਿਸ਼ਤ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਗਈ ਘਿਨਾਉਣੀ ਕਾਰਵਾਈ ਦੱਸਿਆ। ਉਨ੍ਹਾ ਕਿਹਾ ਕਿ ਇਸ ਗੈਰ-ਮਨੁੱਖੀ ਅਤੇ ਵਹਿਸ਼ੀ ਕਾਰੇ ਦੀ ਸਾਰਿਆਂ ਨੂੰ ਸਖਤ ਸ਼ਬਦਾਂ ’ਚ ਨਿਖੇਧੀ ਕਰਨੀ ਚਾਹੀਦੀ ਹੈ। ਹਿੰਸਾ ਦੇ ਇਸ ਮੂਰਖਤਾ ਭਰੇ ਕਾਰੇ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾ ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲ ਹੀ ਦੇ ਸਾਲਾਂ ’ਚ ਨਕਸਲੀ ਹਿੰਸਾ ’ਚ ਵਾਧਾ ਹੋਇਆ ਹੈ ਅਤੇ ਕਈ ਬੇਕਸੂਰਾਂ ਦੀ ਜਾਨ ਗਈ ਹੈ। ਉਨ੍ਹਾ ਕਿਹਾ ਕਿ ਇਹ ਮੰਦਭਾਗਾ ਵਰਤਾਰਾ ਹੈ ਕਿ ਕਈ ਸੂਬਿਆਂ ’ਚ ਇਸ ਸਮੱਸਿਆ ਨਾਲ ਨਜਿੱਠਣ ’ਚ ਲੱਗੇ ਹੋਏ ਸੁਰੱਖਿਆ ਬਲਾਂ ਨੂੰ ਅਕਸਰ ਨਕਸਲੀਆਂ ਦੀਆਂ ਕਾਰਵਾਈਆਂ ਦਾ ਖਮਿਆਜਾ ਭੁਗਤਣਾ ਪੈਂਦਾ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਸਮੱਸਿਆ ਨਾਲ ਸਖਤੀ ਨਾਲ ਨਜਿੱਠਣਾ ਚਾਹੀਦਾ ਹੈ ਅਤੇ ਉਨ੍ਹਾ ਦੀ ਸਰਕਾਰ ਇਸ ਮੁੱਦੇ ਨਾਲ ਨਜਿੱਠਣ ਦੇ ਕਿਸੇ ਵੀ ਯਤਨ ’ਚ ਪੂਰਾ ਸਹਿਯੋਗ ਦੇਵੇਗੀ।

LEAVE A REPLY

Please enter your comment!
Please enter your name here