ਚੰਡੀਗੜ੍ਹ : ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਅਤੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੀ ਚੰਡੀਗੜ੍ਹ ਦੇ ਸੈਕਟਰ 27 ਦੇ ਪਾਰਕ ਵਿੱਚ ਗੋਲੀ ਮਾਰ ਕੇ ਹੱਤਿਆ ਤੋਂ ਸੱਤ ਸਾਲ ਬਾਅਦ ਸੀ ਬੀ ਆਈ ਨੇ ਕਿਸੇ ਸੂਬੇ ਦੀ ਹਾਈ ਕੋਰਟ ਦੀ ਜੱਜ ਦੀ ਧੀ ਕਲਿਆਣੀ ਸਿੰਘ ਨੂੰ ਗਿ੍ਫਤਾਰ ਕੀਤਾ ਹੈ | ਸਿੱਪੀ ਦੀ 20 ਸਤੰਬਰ 2015 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ | ਇਸ ਵਾਰਦਾਤ ਵਿੱਚ .12 ਬੋਰ ਦੀ ਬੰਦੂਕ ਦੀ ਵਰਤੋਂ ਕੀਤੀ ਗਈ ਸੀ ਅਤੇ ਉਸ ਵਿੱਚੋਂ ਚਾਰ ਗੋਲੀਆਂ ਚਲਾਈਆਂ ਗਈਆਂ ਸਨ | ਯੂ ਟੀ ਪੁਲਸ ਨੇ ਸੈਕਟਰ 26 ਥਾਣੇ ਵਿਚ ਕਤਲ ਦਾ ਕੇਸ ਦਰਜ ਕੀਤਾ ਸੀ | ਜਨਵਰੀ 2016 ਵਿੱਚ ਇਹ ਕੇਸ ਸੀ ਬੀ ਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਜਾਂਚ ਏਜੰਸੀ ਨੇ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ | ਇਸ ਦੌਰਾਨ ਕਲਿਆਣੀ ਸਿੰਘ ਨੂੰ ਬੁੱਧਵਾਰ ਸੀ ਬੀ ਆਈ ਦੇ ਸਪੈਸ਼ਲ ਜੁਡੀਸ਼ੀਅਲ ਮੈਜਿਸਟਰੇਟ ਸੁਖਦੇਵ ਸਿੰਘ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਨ੍ਹਾ ਉਸ ਨੂੰ ਚਾਰ ਦਿਨ ਦੀ ਸੀ ਬੀ ਆਈ ਹਿਰਾਸਤ ਵਿੱਚ ਭੇਜ ਦਿੱਤਾ |





