ਸ੍ਰੀ ਮੁਕਤਸਰ ਸਾਹਿਬ,
(ਸ਼ਮਿੰਦਰਪਾਲ /ਪੂਜਾ)
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਵੀਰਵਾਰ ਇੱਥੇ ਪੂਰੇ ਰਾਜਕੀ ਸਨਮਾਨਾਂ ਨਾਲ ਅੰਤਮ ਸੰਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ। ਬਾਦਲ ਦੀ ਚਿਤਾ ਨੂੰ ਅਗਨੀ ਉਨ੍ਹਾ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੇ ਦਿਖਾਈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ, ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਐੱਨ ਸੀ ਪੀ ਦੇ ਪ੍ਰਧਾਨ ਸ਼ਰਦ ਪਵਾਰ, ਸਾਬਕਾ ਕੇਂਦਰੀ ਮੰਤਰੀ ਪ੍ਰਫੁਲ ਪਟੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਦੀਪਿੰਦਰ ਹੁੱਡਾ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਾ. ਬਲਜੀਤ ਕੌਰ, ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖਤ, ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਰਮੀਤ ਸਿੰਘ ਕਾਲਕਾ ਪ੍ਰਧਾਨ ਡੀ ਐੱਸ ਜੀ ਐੱਮ ਸੀ ਵੀ ਬਾਦਲ ਦੇ ਸਤਿਕਾਰ ਵਿਚ ਲੰਬੀ ਪੁੱਜੇ।
ਪੰਜਾਬ ਪੁਲਸ ਦੇ ਜਵਾਨਾਂ ਨੇ ਹਥਿਆਰ ਪੁੱਠੇ ਕਰਕੇ ਬਾਦਲ ਨੂੰ ਸਲਾਮੀ ਦਿੱਤੀ। ਉਨ੍ਹਾ ਦੀ ਅੰਤਿਮ ਯਾਤਰਾ ਟਰੈਕਟਰ-ਟਰਾਲੀ ’ਤੇ ਕੱਢੀ ਗਈ। ਇਸ ਨੂੰ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਇਆ ਗਿਆ। ਇਸ ਦੇ ਉੱਪਰ ਉਨ੍ਹਾਂ ਦੀ ਹੱਸਦੇ ਹੋਏ ਚਿਹਰੇ ਵਾਲੀ ਤਸਵੀਰ ਵੀ ਲਗਾਈ ਗਈ। ਬਾਦਲ ਦੇਸ਼ ਦੀ ਪਹਿਲੀ ਗੈਰ ਕਾਂਗਰਸੀ ਸਰਕਾਰ ਵਿਚ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਦੇ ਸਮੇਂ ਕੇਂਦਰੀ ਖੇਤੀਬਾੜੀ ਮੰਤਰੀ ਵੀ ਰਹੇ। ਉਨ੍ਹਾ ਦੀ ਦੇਹ ਅੰਤਮ ਸੰਸਕਾਰ ਤੋਂ ਪਹਿਲਾਂ ਉਨ੍ਹਾ ਦੀ ਰਿਹਾਇਸ਼ ’ਤੇ ਦਰਸ਼ਨਾਂ ਹਿੱਤ ਰੱਖੀ ਗਈ। ਇਸ ਮੌਕੇ ਪੰਜਾਬ, ਹਰਿਆਣਾ ਅਤੇ ਦੂਰ-ਦੁਰਾਡੇ ਤੋਂ ਉਨ੍ਹਾਂ ਦੇ ਚਾਹੁੰਣ ਵਾਲਿਆਂ ਦੀਆਂ ਕਤਾਰਾਂ ਲਗਾਤਾਰ ਵਧਦੀਆਂ ਰਹੀਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ, ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਬੀਬੀ ਪਰਨੀਤ ਕੌਰ, ਭਤੀਜੇ ਮਨਪ੍ਰੀਤ ਸਿੰਘ ਬਾਦਲ, ਬਿਕਰਮ ਮਜੀਠੀਆ, ਅਰਜੁਨ ਸਿੰਘ ਬਾਦਲ, ਅਨੰਤਬੀਰ ਸਿੰਘ ਬਾਦਲ, ਹਰਕੀਰਤ ਕੌਰ ਅਤੇ ਗੁਰਲੀਨ ਕੌਰ ਮੌਕੇ ’ਤੇ ਮੌਜੂਦ ਸਨ।
ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਸਾਡੇ ਸੰਸਕਾਰ ਸਾਨੂੰ ਇਹ ਸਿੱਖਿਆ ਦਿੰਦੇ ਹਨ ਕਿ ਅੰਤਮ ਯਾਤਰਾ ਸਮੇਂ ਇਨਸਾਨ ਦੇ ਗੁਣਾਂ ਨੂੰ ਚਿਤਾਰਿਆ ਜਾਵੇ, ਮਿੱਠੀ ਬੋਲੀ, ਨਿਮਰਤਾ, ਖੇਤਰੀ ਪਾਰਟੀ ਦੇ ਰੂਪ ’ਚ ਅਕਾਲੀ ਦਲ ਨੂੰ ਅਹਿਮ ਦਰਜਾ ਦਿਵਾਉਣ ’ਚ ਉਹਨਾ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।





