34.9 C
Jalandhar
Tuesday, April 16, 2024
spot_img

22 ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਤਹਿਸੀਲ ਪੱਧਰ ‘ਤੇ ਮੁਜ਼ਾਹਰੇ

ਚੰਡੀਗੜ੍ਹ (ਗੁਰਜੀਤ ਬਿੱਲਾ)
ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਵੀਰਵਾਰ ਸੂਬੇ ਭਰ ‘ਚ ਤਹਿਸੀਲ ਪੱਧਰ ‘ਤੇ ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਅਤੇ ਨਹਿਰੀ ਪਾਣੀ ਦੀ ਵਿਵਸਥਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕੀਤੇ | ਅਨਾਜ ਮੰਡੀਆਂ ‘ਚ ਮੁਜ਼ਾਹਰਿਆਂ ਉਪਰੰਤ ਐੱਸ ਡੀ ਐੱਮ/ ਤਹਿਸੀਲਦਾਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱਤਰ ਸੌਂਪੇ ਗਏ |
ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ ਭਾਰਤੀ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਬੀ ਕੇ ਯੂ-ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀ ਕੇ ਯੂ-ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਔਲਖ਼, ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ, ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਕਿਰਨਜੀਤ ਸਿੰਘ ਸੇਖ਼ੋਂ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਵਜੀਦਪੁਰ ਅਤੇ ਬੀ ਕੇ ਯੂ-ਪੰਜਾਬ ਦੇ ਫੁਰਮਾਨ ਸਿੰਘ ਸੰਧੂ, ਬਿੰਦਰ ਸਿੰਘ ਗੋਲੇਵਾਲਾ (ਕੌਮੀ ਕਿਸਾਨ ਯੂਨੀਅਨ), ਹਰਜੀਤ ਸਿੰਘ ਰਵੀ (ਕਿਸਾਨ ਸੰਘਰਸ਼ ਕਮੇਟੀ, ਪੰਜਾਬ), ਮਲੂਕ ਸਿੰਘ (ਭਾਰਤੀ ਕਿਸਾਨ ਯੂਨੀਅਨ, ਮਾਲਵਾ), ਵੀਰ ਸਿੰਘ ਬੜਵਾ (ਕਿਰਤੀ ਕਿਸਾਨ ਮੋਰਚਾ, ਰੋਪੜ), ਭੁਪਿੰਦਰ ਸਿੰਘ ਤੀਰਥਪੁਰ (ਸਬਜ਼ੀ ਉਤਪਾਦਕ ਕਿਸਾਨ ਸੰਗਠਨ) ਅਤੇ ਕੁਲਜਿੰਦਰ ਸਿੰਘ ਘੁੰਮਣ (ਕੰਢੀ ਕਿਸਾਨ ਸੰਘਰਸ਼ ਕਮੇਟੀ) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਖਰੀਦ ਕਰਨ ਦੇ ਐਲਾਨ ਨੂੰ ਮੰਡੀਆਂ ਵਿੱਚ ਕੇਂਦਰ ਵਲੋਂ ਨਿਰਧਾਰਤ ਐੱਮ ਐੱਸ ਪੀ ਅਨੁਸਾਰ ਖਰੀਦ ਕਰਕੇ ਅਮਲੀ ਜਾਮਾ ਪਹਿਨਾਇਆ ਜਾਵੇ | ਮੂੰਗੀ ਦੀ ਖਰੀਦ ਸੰਬੰਧੀ ਫਰਦ, ਏਕੜ ਪ੍ਰਤੀ 5 ਕੁਇੰਟਲ ਕੋਟਾ ਫਿਕਸ ਕਰਨ ਸਮੇਤ ਲਾਈਆਂ ਕਿਸਾਨ ਮਾਰੂ ਬੇਲੋੜੀਆਂ ਸ਼ਰਤਾਂ ਫੌਰੀ ਹਟਾ ਕੇ ਦਾਣਾ-ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇ | ਮੱਕੀ ਕਾਸ਼ਤਕਾਰਾਂ ਦੀ ਫਸਲ ਨੂੰ ਐੱਮ ਐੱਸ ਪੀ ‘ਤੇ ਖਰੀਦ ਦੀ ਗਾਰੰਟੀ ਕੀਤੀ ਜਾਵੇ |
ਪੰਜਾਬ ਦੇ ਸਾਰੇ ਇਲਾਕਿਆਂ ਵਿਚ ਸੂਏ, ਕੱਸੀਆਂ ਅਤੇ ਰਜਬਾਹਿਆਂ ਨੂੰ ਸੁਚਾਰੂ ਢੰਗ ਨਾਲ ਪਾਣੀ ਛੱਡ ਕੇ ਤੁਰੰਤ ਚਲਾਇਆ ਜਾਵੇ | ਹਰ ਇਲਾਕੇ ਨੂੰ ਬਣਦਾ ਨਹਿਰੀ ਪਾਣੀ ਦੇਣ ਦੀ ਵਿਵਸਥਾ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ | ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਦੇ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਉਪਰੋਕਤ ਮੰਗਾਂ ਨੂੰ ਪੂਰਾ ਕਰਨਾ ਬੇਹੱਦ ਜ਼ਰੂਰੀ ਹੈ, ਨਹੀ ਤਾਂ ਸਰਕਾਰ ਦੇ ਫਸਲੀ ਵਿਭਿੰਨਤਾ ਦੇ ਦਾਅਵਿਆਂ ਦੀ ਭਰੋਸੇਯੋਗਤਾ ਉੱਪਰ ਗੰਭੀਰ ਸਵਾਲ ਖੜ੍ਹੇ ਕੀਤੇ ਜਾਣਗੇ |
ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਯੂ ਪੀ ਪੁਲਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਆਲ ਇੰਡੀਆ ਕਿਸਾਨ-ਮਜ਼ਦੂਰ ਸਭਾ ਦੇ ਜਨਰਲ ਸਕੱਤਰ ਡਾ. ਆਸ਼ੀਸ਼ ਮਿੱਤਲ ਅਤੇ ਹੋਰਨਾਂ ਆਗੂਆਂ ‘ਤੇ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ | ਉਹਨਾ ਕਿਹਾ ਕਿ ਕਿਸਾਨ-ਆਗੂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ |

Related Articles

LEAVE A REPLY

Please enter your comment!
Please enter your name here

Latest Articles