ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੀ ਮਰਿਆਦਾ ਦਾ ਖਿਆਲ ਰੱਖਣ : ਧਾਲੀਵਾਲ

0
165

ਜਲੰਧਰ : ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਲਈ ਪ੍ਰਚਾਰ ਕਰਨ ਅਤੇ ਵੋਟਾਂ ਮੰਗਣ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੋਮਵਾਰ ਨੂੰ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੰਮ ਸਿੱਖ ਧਰਮ ਦਾ ਪ੍ਰਚਾਰ ਕਰਨਾ ਹੈ, ਸਿਆਸੀ ਪਾਰਟੀ ਦਾ ਪ੍ਰਚਾਰ ਕਰਨਾ ਨਹੀਂ। ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਆਪਣੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਅਕਾਲੀ ਦਲ ਦੀ ਚੋਟੀ ਦੀ ਲੀਡਰਸ਼ਿਪ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਚਾਰ ਕੀਤਾ ਹੈ, ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖ ਸੰਗਤ ’ਤੇ ਗੋਲੀ ਚਲਾਉਣ ਦੇ ਦੋਸ਼ ਲੱਗੇ ਹਨ। ਉਸ ਨੇ ਅਜਿਹੀ ਪਾਰਟੀ ਦਾ ਪ੍ਰਚਾਰ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸਿੱਖ ਸੰਗਤ ’ਤੇ ਗੋਲੀਬਾਰੀ ਦੀ ਘਟਨਾ ’ਤੇ ਚੁੱਪ ਕਿਉਂ ਹਨ? ਉਨ੍ਹਾ ਅੱਜ ਤੱਕ ਇਸ ਮਾਮਲੇ ’ਤੇ ਕੁਝ ਨਹੀਂ ਕਿਹਾ, ਹਮੇਸ਼ਾ ਚੁੱਪ ਰਹੇ, ਜਦੋਂ ਕਿ ਇਨ੍ਹਾਂ ਦੋਵਾਂ ਘਟਨਾਵਾਂ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸਭ ਤੋਂ ਵੱਧ ਠੇਸ ਪਹੁੰਚਾਈ ਹੈ। ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੰਮ ਸਿੱਖ ਕੌਮ ਦੇ ਬੱਚਿਆਂ ਨੂੰ ਧਾਰਮਕ, ਸਮਾਜਿਕ ਸਿੱਖਿਆ ਦੇਣਾ ਅਤੇ ਸਿੱਖ ਸੱਭਿਆਚਾਰ ਦੀ ਰਾਖੀ ਕਰਨਾ ਹੈ। ਅਜਿਹੀ ਸੰਸਥਾ ਨੂੰ ਸਿਆਸੀ ਲਾਹੇ ਲਈ ਵਰਤਣਾ ਸਰਾਸਰ ਗਲਤ ਹੈ। ਉਨ੍ਹਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੇ ਕਾਨੂੰਨ ਅਨੁਸਾਰ ਉਨ੍ਹਾ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਨਿਭਾਉਣ। ਉਨ੍ਹਾ ਨੂੰ ਸਿਆਸੀ ਗਤੀਵਿਧੀਆਂ ਤੋਂ ਬਿਲਕੁਲ ਦੂਰ ਰਹਿਣਾ ਚਾਹੀਦਾ ਹੈ।

LEAVE A REPLY

Please enter your comment!
Please enter your name here