ਡੀ ਸੀ ਹਫਤੇ ’ਚ ਦੋ ਵਾਰ ਪਿੰਡਾਂ ਦਾ ਦੌਰਾ ਕਰਨਗੇ

0
194

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਸਹਿਕਾਰਤਾ ਵਿਭਾਗ ਦੇ ਨਵੇਂ ਚੁਣੇ 200 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ। ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ ਵਿਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਫਤੇ ਵਿਚ ਦੋ ਵਾਰ ਡਿਪਟੀ ਕਮਿਸ਼ਨਰ ਅਤੇ ਹੋਰ ਸਟਾਫ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਨਿਪਟਾਰਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਿਲ੍ਹਿਆਂ ਵਿਚ ਪਾਇਲਟ ਪ੍ਰਾਜੈਕਟ ਵਜੋਂ ਇਸ ਨੂੰ ਲਾਗੂ ਕੀਤਾ ਸੀ ਅਤੇ ਇਸ ਦੀ ਸਫਲਤਾ ਤੋਂ ਬਾਅਦ ਹੁਣ ਵਿਆਪਕ ਪੱਧਰ ਉਤੇ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਡਾਕਟਰ, ਨਰਸਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

LEAVE A REPLY

Please enter your comment!
Please enter your name here