ਬੇਨੌਲਿਮ (ਗੋਆ)-ਭਾਰਤ ਨੇ ਸ਼ੁੱਕਰਵਾਰ ਸ਼ੰਘਾਈ ਸਹਿਯੋਗ ਸੰਗਠਨ (ਐੱਸ ਸੀ ਓ) ਨੂੰ ਦਹਿਸ਼ਤਗਰਦੀ ਨਾਲ ਮਜ਼ਬੂਤੀ ਨਾਲ ਨਜਿੱਠਣ ‘ਤੇ ਧਿਆਨ ਕੇਂਦਰਤ ਕਰਨ ਦਾ ਸੱਦਾ ਦਿੱਤਾ | ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐੱਸ ਸੀ ਓ ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ‘ਚ ਪਾਕਿਸਤਾਨ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਸਰਹੱਦ ਪਾਰੋਂ ਦਹਿਸ਼ਤਗਰਦੀ ਸਮੇਤ ਇਸ ਦੇ ਸਾਰੇ ਰੂਪਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ | ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ, ਚੀਨ ਦੇ ਵਿਦੇਸ਼ ਮੰਤਰੀ ਕਿਨ ਕਾਂਗ ਅਤੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਦੀ ਮੌਜੂਦਗੀ ‘ਚ ਜੈਸ਼ੰਕਰ ਨੇ ਕਿਹਾ ਕਿ ਦਹਿਸ਼ਤਗਰਦੀ ਨੂੰ ਨਜ਼ਰਅੰਦਾਜ਼ ਕਰਨਾ ਸਮੂਹ ਦੇ ਸੁਰੱਖਿਆ ਹਿੱਤਾਂ ਲਈ ਨੁਕਸਾਨਦੇਹ ਹੋਵੇਗਾ | ਬਿਲਾਵਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਹਿਸ਼ਤਗਰਦੀ ਨੂੰ ਇਕੱਠੇ ਹੋ ਕੇ ਖਤਮ ਕੀਤਾ ਜਾ ਸਕਦਾ ਹੈ, ਡਿਪਲੋਮੈਟਿਕ ਨੰਬਰ ਬਣਾ ਕੇ ਨਹੀਂ | ਭਾਰਤੀ ਵਿਦੇਸ਼ ਮੰਤਰੀ ਨੇ ਬਿਲਾਵਲ ਨਾਲ ਹੱਥ ਨਹੀਂ ਮਿਲਾਇਆ ਤੇ ਨਮਸਤੇ ਕਹਿ ਕੇ ਸਾਰਿਆ |



