ਮਾਹਿਲਪੁਰ/ਗੜ੍ਹਸ਼ੰਕਰ/ਹੁਸ਼ਿਆਰਪੁਰ (ਨਿਰਮਲ ਸਿੰਘ ਮੁੱਗੋਵਾਲ/ਫੂਲਾ ਰਾਮ ਬੀਰਮਪੁਰ/ਬਲਬੀਰ ਸਿੰਘ ਸੈਣੀ)
ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਾਉਣ ਲਈ ਧਰਤੀ ਹੇਠ ਪਾਣੀ ਜ਼ੀਰਨ ਦੇ ਨਾਲ-ਨਾਲ ਸੂਬੇ ਦੀ ਬਨਸਪਤੀ ਤੇ ਜੰਗਲੀ ਜੀਵ ਨੂੰ ਬਚਾਉਣ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸੋਮਵਾਰ ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਰਾਹ ਦਿਖਾਇਆ। ਉਨ੍ਹਾ ਕਿਹਾ ਕਿ ਗੁਰੂ ਸਾਹਿਬਾਨ ਦੇ ਨਕਸ਼ੇ-ਕਦਮ ਉੱਤੇ ਚੱਲਦਿਆਂ ਸੂਬਾ ਸਰਕਾਰ, ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵੱਡੇ ਪੱਧਰ ਉਤੇ ਮੁਹਿੰਮ ਵਿੱਢੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਇਸ ਕਾਰਜ ਲਈ ਸਹਿਯੋਗ ਦੇਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਵਾਤਾਵਰਨ ਦੇ ਮਸਲਿਆਂ ਨੂੰ ਜਾਣ-ਬੁੱਝ ਕੇ ਨਜ਼ਰਅੰਦਾਜ਼ ਕਰਨ ਲਈ ਵਿਰੋਧੀ ਧਿਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ, ਹਵਾ ਤੇ ਧਰਤੀ ਦੀ ਕੋਈ ਵੋਟ ਨਾ ਹੋਣ ਕਾਰਨ ਇਨ੍ਹਾਂ ਆਗੂਆਂ ਨੇ ਇਨ੍ਹਾਂ ਤਿੰਨਾਂ ਖੇਤਰਾਂ ਨੂੰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ਉਤੇ ਪ੍ਰਦੂਸ਼ਣ ਕਾਰਨ ਇਨ੍ਹਾਂ ਤਿੰਨੇ ਕੁਦਰਤੀ ਸਰੋਤਾਂ ਦਾ ਘਾਣ ਹੋਇਆ ਹੈ, ਜਿਸ ਨਾਲ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਵੱਡੇ ਪੱਧਰ ਉਤੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਪਣੇ ਕੋਲ ਉਪਲੱਬਧ ਨਹਿਰੀ ਪਾਣੀ ਵਿੱਚੋਂ ਸਿਰਫ਼ 33 ਤੋਂ 34 ਫੀਸਦੀ ਦੀ ਵਰਤੋਂ ਕਰ ਰਿਹਾ ਹੈ। ਇਸ ਨੂੰ ਆਉਣ ਵਾਲੇ ਦਿਨਾਂ ਵਿੱਚ ਵਧਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ ਵਧਾ ਕੇ 60 ਫੀਸਦੀ ਕਰੇਗਾ, ਜਿਸ ਨਾਲ ਕੁੱਲ 14 ਲੱਖ ਟਿਊਬਵੈੱਲਾਂ ਵਿੱਚੋਂ ਤਕਰੀਬਨ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਣ। ਇਸ ਕਦਮ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ) ਨਹਿਰ ਦੇ ਪ੍ਰਾਜੈਕਟ ਨੂੰ ਹੁਣ ਯਮੁਨਾ-ਸਤਲੁਜ ਲਿੰਕ (ਵਾਈ.ਐੱਸ.ਐੱਲ.) ਵਜੋਂ ਜਾਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਕਿਸੇ ਨੂੰ ਇਕ ਬੂੰਦ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਹੋਣਾ ਚਾਹੀਦਾ ਹੈ ਤਾਂ ਕਿ ਸੂਬੇ ਦੀਆਂ ਲੋੜਾਂ ਪੂਰੀਆਂ ਹੋ ਸਕਣ। ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਜਿਹੜੇ ਪਿੰਡ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਜੁੜਨ ਦੇ ਇੱਛੁਕ ਹਨ, ਉਨ੍ਹਾਂ ਬਾਰੇ ਕੈਬਨਿਟ ਵੱਲੋਂ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾ ਗੜ੍ਹਸ਼ੰਕਰ-ਬਾਈਪਾਸ ਨੂੰ ਅੱਪਗ੍ਰੇਡ ਅਤੇ ਮਜ਼ਬੂਤ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਰੋੜੀ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਹੋਰ ਵੀ ਹਾਜ਼ਰ ਸਨ।





