ਚੰਡੀਗੜ੍ਹ : ਬਲਾਤਕਾਰ ਦੇ ਦੋਸ਼ ਵਿਚ 20 ਸਾਲ ਦੀ ਸਜ਼ਾ ਭੁਗਤ ਰਿਹਾ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸ਼ੁੱਕਰਵਾਰ ਸਵੇਰੇ ਰੋਹਤਕ ਦੀ ਜੇਲ੍ਹ ਵਿੱਚੋਂ ਬਾਹਰ ਆ ਗਿਆ | ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਚੌਟਾਲਾ ਨੇ ਕਿਹਾ ਕਿ ਸੰਬੰਧਤ ਅਫਸਰਾਂ ਦੀ ਸਿਫਾਰਸ਼ ‘ਤੇ ਰੋਹਤਕ ਦੇ ਡਵੀਜ਼ਨਲ ਕਮਿਸ਼ਨਰ ਨੇ ਉਸ ਨੂੰ 30 ਦਿਨ ਦੀ ਪੈਰੋਲ ‘ਤੇ ਛੱਡਿਆ ਹੈ | ਡੇਰਾ ਮੁਖੀ ਨੇ ਬੇਨਤੀ ਕੀਤੀ ਸੀ ਕਿ ਉਹ ਯੂ ਪੀ ਦੇ ਬਾਗਪਤ ਵਿਚ ਬਰਨਾਵਾ ਵਿਖੇ ਡੇਰਾ ਸੱਚਾ ਸੌਦਾ ਆਸ਼ਰਮ ਜਾਣਾ ਚਾਹੁੰਦਾ ਹੈ | ਇਸ ਤੋਂ ਪਹਿਲਾਂ ਪੰਜਾਬ ਅਸੰਬਲੀ ਚੋਣਾਂ ਵੇਲੇ ਡੇਰਾ ਮੁਖੀ ਨੂੰ 21 ਦਿਨ ਦੀ ਫਰਲੋ ‘ਤੇ ਛੱਡਿਆ ਗਿਆ ਸੀ | ਆਪੋਜ਼ੀਸ਼ਨ ਨੇ ਦੋਸ਼ ਲਾਇਆ ਸੀ ਕਿ ਭਾਜਪਾ ਸਰਕਾਰ ਨੇ ਪੰਜਾਬ ਵਿਚ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਅਜਿਹਾ ਕੀਤਾ | ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਇਕ ਮਹੀਨੇ ਦੀ ਪੈਰੋਲ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਵਿਰੋਧ ਕੀਤਾ ਹੈ | ਇਸ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਇਹ ਸਰਕਾਰ ਦੀ ਦੋਗਲੀ ਨੀਤੀ ਦਾ ਹਿੱਸਾ ਹੈ | ਇਕ ਪਾਸੇ ਸਰਕਾਰਾਂ ਸਿੱਖ ਬੰਦੀਆਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਜੇਲ੍ਹਾਂ ਤੋਂ ਰਿਹਾਅ ਨਹੀਂ ਕਰ ਰਹੀਆਂ ਅਤੇ ਦੂਜੇ ਪਾਸੇ ਡੇਰਾ ਸਿਰਸਾ ਮੁਖੀ, ਜੋ ਵੱਖ-ਵੱਖ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ |
ਉਨ੍ਹਾ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਇਸ ਐਲਾਨ ਨੂੰ ਹਾਲੇ ਤੱਕ ਬੂਰ ਨਹੀਂ ਪਿਆ | ਉਨ੍ਹਾ ਦੋਸ਼ ਲਾਇਆ ਕਿ ਕੇਂਦਰ ਸਰਕਾਰ ਰਾਜਸੀ ਲਾਹਾ ਲੈਣ ਲਈ ਪਹਿਲਾਂ ਵੀ ਚੋਣਾਂ ਸਮੇਂ ਡੇਰਾ ਮੁਖੀ ਨੂੰ ਫਰਲੋ ਦੇ ਚੁੱਕੀ ਹੈ ਤੇ ਹੁਣ ਸੰਗਰੂਰ ਚੋਣ ਸਮੇਂ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ, ਜੋ ਕਿ ਗਲਤ ਹੈ |





