ਜਲੰਧਰ (ਸ਼ੈਲੀ ਐਲਬਰਟ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਬੁੱਧਵਾਰ ਨੂੰ ਸਥਾਨਕ ਸਰਕਟ ਹਾਊਸ ਵਿਖੇ ਹੋਵੇਗੀ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮੀਟਿੰਗ ਦੇ ਨਾਲ-ਨਾਲ ‘ਸਰਕਾਰ ਆਪ ਕੇ ਦੁਆਰ’ ਪ੍ਰੋਗਰਾਮ ਤਹਿਤ ਹੋਣ ਵਾਲੀ ‘ਪਬਲਿਕ ਮਿਲਣੀ’ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੰਬੰਧਤ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰਾਂ ਕੀਤੀਆਂ। ‘ਪਬਲਿਕ ਮਿਲਣੀ’ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਵੀ ਮੁੱਖ ਮੰਤਰੀ ਵੱਲੋਂ ਕੀਤੀ ਜਾਵੇਗੀ ਅਤੇ ਕੈਬਨਿਟ ਮੰਤਰੀ ਆਪੋ-ਆਪਣੇ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਸੁਣਨਗੇ। ‘ਪਬਲਿਕ ਮਿਲਣੀ’ ਵਿੱਚ ਸਥਾਨਕ ਸਰਕਾਰਾਂ, ਮਾਲ, ਪੁਲਸ, ਸਿਹਤ, ਲੋਕ ਨਿਰਮਾਣ, ਸਕੂਲ ਸਿੱਖਿਆ, ਖੇਤੀਬਾੜੀ, ਪੇਂਡੂ ਵਿਕਾਸ, ਪਸ਼ੂ ਪਾਲਣ, ਪ੍ਰਵਾਸੀ ਭਾਰਤੀ ਮਾਮਲੇ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ।




